Saturday, March 31, 2012

ਸਾਰੇ ਸਕੂਲ ਇਕ ਵਿਭਾਗ ਅਧੀਨ ਹੋਣਗੇ

ਸਾਰੇ ਸਕੂਲ ਇਕ ਵਿਭਾਗ ਅਧੀਨ ਹੋਣਗੇ: ਮਲੂਕਾ

Posted On March - 30 - 2012
ਪੱਤਰ ਪ੍ਰੇਰਕ
ਰਾਮਪੁਰਾ ਫੂਲ, 30 ਮਾਰਚ
ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸੂਬੇ ਦੀ ਮੌਜੂਦਾ ਸਿੱਖਿਆ ਨੀਤੀ ਵਿੱਚ ਵੱਡੀ ਤਬਦੀਲੀ ਦਾ ਸੰਕੇਤ ਦਿੰਦੇ ਹੋਏ ਕਿਹਾ ਕਿ ਇਸ ਬਾਰੇ ਸੋਮਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਹੋਣ ਵਾਲੀ ਮੀਟਿੰਗ ਵਿੱਚ ਅਹਿਮ ਫੈਸਲੇ ਕੀਤੇ ਜਾਣਗੇ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਲੂਕਾ ਨੇ ਦੱਸਿਆ ਕਿ ਮੁੱਖ ਅਧਿਆਪਕਾਂ ਦੀਆਂ ਤਰੱਕੀਆਂ ਬਾਰੇ ਸੂਚੀ ਸੋਮਵਾਰ ਨੂੰ ਜਾਰੀ ਕੀਤੀ ਜਾ ਰਹੀ ਹੈ, ਜਦੋਂ ਕਿ ਲੈਕਚਰਾਰਾਂ ਦੀਆਂ ਤਰੱਕੀਆਂ ਬਾਰੇ ਸੂਚੀ ਵੀ ਜਲਦੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਸਿੱਖਿਆ ਵਿਭਾਗ ਵਿੱਚ ਕਿਸੇ ਵੀ ਅਧਿਆਪਕ ਨੂੰ ਤਿੰਨ ਮਹੀਨੇ ਤੋਂ ਜ਼ਿਆਦਾ ਛੁੱਟੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਮੌਜੂਦਾ ਸਮੇਂ ਪ੍ਰਾਇਮਰੀ ਸਕੂਲਾਂ ਦੇ ਪੰਚਾਇਤੀ ਵਿਭਾਗ ਅਤੇ ਬਾਕੀ ਸਕੂਲਾਂ ਦੇ ਸਿੱਖਿਆ ਵਿਭਾਗ ਨਾਲ ਸਬੰਧਤ ਹੋਣ ਦੀ ਥਾਂ ਦੋਵਾਂ ਨੂੰ ਇਕ ਵਿਭਾਗ ਅਧੀਨ ਕਰਨ ਦੀ ਯੋਜਨਾ ਦੱਸੀ। ਜ਼ਿਲ੍ਹਾ ਬਠਿੰਡਾ ਵਿੱਚ ਵੱਡੀ ਗਿਣਤੀ ਵਿੱਚ ਮਿਡ-ਡੇਅ ਮੀਲ ਦੇ ਸੈਂਪਲ ਫੇਲ੍ਹ ਹੋਣ ਦੇ ਮਾਮਲੇ ਵਿੱਚ ਸ੍ਰੀ ਮਲੂਕਾ ਨੇ ਕਿਹਾ ਕਿ ਇਸ ਦੀ ਜਾਂਚ ਕੀਤੀ ਜਾਵੇਗੀ। ਸ਼ੈਲਰਾਂ ਵਿੱਚ ਗ਼ਬਨ ਦੇ ਮਾਮਲੇ ਸਾਹਮਣੇ ਆਉਣ ਬਾਰੇ ਪੁੱਛਣ ‘ਤੇ ਸ੍ਰੀ ਮਲੂਕਾ ਨੇ ਕਿਹਾ ਕਿ ਇਸ ਬਾਰੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪੰਜਾਬੀ ਭਾਸ਼ਾ ਵਿੱਚ ਦਫਤਰੀ ਕੰਮ ਨਾ ਕਰਨ ਵਾਲੇ ਅਫਸਰਾਂ ਨੂੰ ਤਾੜਨਾ ਕੀਤੀ ਹੈ ਕਿ ਉਹ ਸਰਕਾਰੀ ਕੰਮ ਮਾਂ ਬੋਲੀ ਵਿੱਚ ਕਰਨ। ਅੱਜ ਜ਼ਿਲ੍ਹੇ ਦੇ ਅਫਸਰਾਂ ਨਾਲ ਪਲੇਠੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਨੇ ਆਖਿਆ ਕਿ ਜੋ ਅਫਸਰ ਮਾਂ ਬੋਲੀ ਨੂੰ ਲਾਗੂ ਕਰਨ ਵਿੱਚ ਅਣਗਹਿਲੀ ਵਰਤਣਗੇ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਇਹ ਵੇਰਵੇ ਇਕੱਤਰ ਕੀਤੇ ਜਾਣ ਕਿ ਕਿਸ ਸਕੂਲ ਨੂੰ ਇਮਾਰਤ ਦੀ, ਪੀਣ ਵਾਲੇ ਪਾਣੀ ਦੀ, ਫਰਨੀਚਰ ਜਾਂ ਵਿਦਿਆਰਥੀਆਂ ਦੀ ਕਿਸੇ ਹੋਰ ਜ਼ਰੂਰਤ ਨੂੰ ਪੂਰਾ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਸਿੱਖਿਆ ਵਿਭਾਗ, ਭਾਸ਼ਾ ਵਿਭਾਗ, ਜਨ ਸਿਹਤ ਵਿਭਾਗ, ਸਿੰਜਾਈ ਵਿਭਾਗ, ਨਹਿਰੀ ਵਿਭਾਗ, ਪਾਵਰਕੌਮ, ਸੀਵਰੇਜ ਬੋਰਡ, ਪੰਚਾਇਤੀ ਰਾਜ, ਸਿੱਖਿਆ ਵਿਭਾਗ, ਸਮਾਜਕ ਸੁਰੱਖਿਆ ਵਿਭਾਗ, ਬਾਲ ਵਿਕਾਸ ਵਿਭਾਗ, ਸਮਾਜ ਭਲਾਈ ਵਿਭਾਗ, ਪੰਚਾਇਤੀ ਰਾਜ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਮੁਕੰਮਲ ਹੋ ਚੁੱਕੇ ਪ੍ਰਾਜੈਕਟਾਂ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਬਾਰੇ ਸ੍ਰੀ ਮਲੂਕਾ ਨੂੰ ਜਾਣਕਾਰੀ ਦਿੱਤੀ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਜ਼ਿਲ੍ਹਾ ਪੁਲਿਸ ਮੁਖੀ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਅਭਿਨਵ ਤ੍ਰਿਖਾ, ਕੁਮਾਰ ਅਮਿਤ ਅਤੇ ਐਸ.ਡੀ.ਐਮ. ਬਠਿੰਡਾ ਹਰਜੀਤ ਸਿੰਘ ਕੰਧੋਲਾ ਹਾਜ਼ਰ ਸਨ।

0 comments

Post a Comment

thanks